ਡਿਪਟੀ ਸਪੀਕਰ ਰੌੜੀ ਵੱਲੋਂ ਤਿੰਨ ਦਰਜਨ ਤੋਂ ਵੱਧ ਪੰਚਾਇਤਾਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ

ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਮਾਰਚ ( ਹਰਪਾਲ ਲਾਡਾ ): ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਐਸ.ਡੀ. ਐੱਮ. ਦਫਤਰ, ਗੜ੍ਹਸ਼ੰਕਰ ਵਿਖੇ ਤਿੰਨ ਦਰਜਨ ਤੋਂ ਵੱਧ ਪੰਚਾਇਤਾਂ ਅਤੇ ਸੰਬੰਧਤ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੌਰਾਨ ਹਲਕਾ ਗੜ੍ਹਸ਼ੰਕਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦਾ ਸੱਦਾ ਦਿੱਤਾ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਈ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲੈੰਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਹੂਲਤਾਂ ਲਈ ਅਤਿ ਜ਼ਰੂਰੀ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਲੋੜੀਂਦੀ ਸਹੂਲਤ ਮਿਲ ਸਕੇ।


ਉਨ੍ਹਾਂ ਵੱਲੋਂ ਤਿੰਨ ਦਰਜਨ ਤੋਂ ਵੱਧ ਪਿੰਡਾ ਦੇ ਹਰ ਇਕ ਸਰਪੰਚ ਵੱਲੋਂ ਚੁੱਕੇ ਗਏ ਮੁੱਦੇ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ ਪੈਂਡਿੰਗ ਪਏ ਕੰਮਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਕਈ ਕਾਰਨਾਂ ਕਰਕੇ ਲਟਕ ਰਹੇ ਕੰਮਾਂ ਨੂੰ ਸਮੇਂ ਸਿਰ ਨਿਪਾਉਣ ਦੀ ਵਿਭਾਗਾਂ ਨੂੰ ਹਦਾਇਤ ਵੀ ਕੀਤੀ।

ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਦਿਆਂ ਪ੍ਰਤੀ ਪੂਰੀ ਤਰ੍ਹਾ ਸੁਹਿਰਦ ਹੈ ਅਤੇ ਉਹ ਖੁਦ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹਨ ਤਾਂ ਜੋ ਹਲਕੇ ਦੇ ਚਹੁੰਮੁਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚਾ ਅਤੇ ਆਮ ਜਨਤਾ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਕਿ ਸਬੰਧਤ ਵਿਭਾਗਾਂ ਨੂੰ ਇਕ ਮੰਚ ‘ਤੇ ਲਿਆਕੇ ਲੋਕਾਂ ਦੇ ਮਸਲਿਆਂ ਅਤੇ ਸਮੱਸਿਆਵਾਂ ਦੀ ਸੁਣਵਾਈ ਕੀਤੀ ।
ਮੀਟਿੰਗ ਵਿੱਚ ਲਗਭਗ 25 ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜਿਨਾਂ ਵਿੱਚ ਮੰਡੀ ਬੋਰਡ,ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ,ਖੁਰਾਕ , ਕੰਡੀ ਕਨਾਲ, ਟਿਊਬਵੈੱਲ ਕਾਰਪੋਰੇਸ਼ਨ , ਪ੍ਰਾਇਮਰੀ ਸਿੱਖਿਆ, ਭੂਮੀ ਰੱਖਿਆ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ, ਬਿਜਲੀ ਵਿਭਾਗ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦਾ ਨਿਪਟਾਰਾ ਵੀ ਕੀਤਾ ਗਿਆ।