ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ : ਲਲਿਤ ਮੋਹਨ ਪਾਠਕ ‘ਬੱਲੂ’

ਨਵਾਂਸ਼ਹਿਰ, 19 ਅਪ੍ਰੈਲ ( ਹਰਪਾਲ ਲਾਡਾ ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ ਨੇ ਅੱਜ ਨਵਾਂਸ਼ਹਿਰ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ ਸਿੱਖਿਆ ਕ੍ਰਾਂਤੀ ਸਮਾਗਮਾਂ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਦੌਰਾਨ ਉਨ੍ਹਾਂ ਚਾਰ ਸਕੂਲਾਂ ਵਿਚ 18.72 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੂਰ ਕਲਾਂ ਵਿਖੇ 5.88 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮਾਂ, ਚਾਰਦੀਵਾਰੀ ਅਤੇ ਹੋਰਨਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਲੂਰ ਕਲਾਂ ਵਿਖੇ 2.20 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਰਾਂਝਾ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੈਰਸੀਆਂ ਵਿਖੇ 3.13 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਲੋਕ ਅਰਪਿਤ ਕੀਤੀ।


ਲਲਿਤ ਮੋਹਨ ਪਾਠਕ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿਚ ਮਦਦ ਮਿਲ ਰਹੀ ਹੈ ਅਤੇ ਸਕੂਲਾਂ ਵਿਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸਬੰਧਤ ਇਲਾਕਿਆਂ ਦੇ ਮੋਹਤਬਰ ਵਿਅਕਤੀ, ਸਕੂਲਾਂ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
