‘ਲੋਕਾਂ ਵਿਚ ਜਾਗਰੂਕਤਾ ਨਾਲ਼ ਹੀ ਮਲੇਰੀਏ ਦਾ ਕੀਤਾ ਜਾ ਸਕਦੈ ਖ਼ਾਤਮਾ’

ਨਵਾਂਸ਼ਹਿਰ, 28 ਅਪ੍ਰੈਲ ( ਹਰਪਾਲ ਲਾਡਾ ): ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਅਗਵਾਈ ਵਿਚ ਅੱਜ਼ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਵਿਸ਼ਵ ਮਲੇਰੀਆ ਦਿਵਸ਼ ਮਨਾਇਆ ਗਿਆ।
ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਨੇ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ਼ ਦਾ ਥੀਮ 2030 ਤੱਕ ਮਲੇਰੀਆ ਨੂੰ ਖ਼ਤਮ ਕਰਨ ਲਈ ਦੇਸ਼ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਮਲੇਰੀਆ ਦੇ ਮਾਮਲਿਆਂ ਅਤੇ ਮੌਤਾਂ ਨੂੰ ਘਟਾਉਣ ਵਿਚ ਮਹੱਤਵਪੂਰਨ ਤਰੱਕੀ ਕੀਤੀ ਹੈ, ਪਰ ਕੁਝ ਖੇਤਰਾਂ, ਖਾਸ ਕਰਕੇ ਕਬਾਇਲੀ, ਪਹਾੜੀ ਅਤੇ ਪਹੁੰਚ ਤੋਂ ਬਾਹਰਲੇ ਖੇਤਰਾਂ ਵਿਚ ਚੁਣੌਤੀਆਂ ਅਜੇ ਵੀ ਹਨ।


ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਅਤੇ ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨਾ ਲਈ ਭਾਰਤ ਆਪਣੇ ਰਾਸ਼ਟਰੀ ਮਲੇਰੀਆ ਖਾਤਮਾ ਪ੍ਰੋਗਰਾਮ ਨੂੰ ਏਕੀਕ੍ਰਿਤ ਵੈਕਟਰ ਪ੍ਰਬੰਧਨ ਵਰਗੀਆਂ ਰਣਨੀਤੀਆਂ ਨਾਲ ਮਜ਼ਬੂਤ ਕਰ ਰਿਹਾ ਹੈ, ਜਿਸ ਵਿਚ ਅੰਦਰੂਨੀ ਅਵਸ਼ੇਸ਼ ਛਿੜਕਾਅ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੇ ਕੀਟਨਾਸ਼ਕ ਜਾਲ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮਲੇਰੀਆ ਦੇ ਮਾਮਲਿਆਂ ਦਾ ਜਲਦੀ ਨਿਦਾਨ ਅਤੇ ਪ੍ਰਭਾਵਸ਼ਾਲੀ ਇਲਾਜ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਆਪਣੀਆਂ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰ ਰਿਹਾ ਹੈ, ਜਿਸ ਨਾਲ ਗੰਭੀਰ ਪੇਚੀਦਗੀਆਂ ਅਤੇ ਮੌਤਾਂ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ ਅਤੇ ਕਿਹਾ ‘ਪਾਣੀ ਖੜ੍ਹੇਗਾ ਜਿਥੇ, ਮਲੇਰੀਆ ਤੇ ਡੇਂਗੂ ਫੈਲਾਉਣ ਵਾਲਾ ਮੱਛਰ ਪਲੇਗਾ ਉੱਥੇ।’ ਉਨ੍ਹਾਂ ਕਿਹਾ ਕਿ ਸਾਨੂੰ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਂਦਿਆਂ ਖੜ੍ਹੇ ਪਾਣੀ ਨੂੰ ਸਾਫ਼ ਕਰਨਾ ਚਾਹੀਦਾ ਹੈ। ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਸਕੂਲ ਦੇ ਸਟਾਫ, ਆਸ਼ਾ ਵਰਕਰ ਚਰਨਜੀਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਬਰੀਡਿੰਗ ਚੈਂਕਰ ਗੁਰਪ੍ਰੀਤ, ਰੋਮੀ ਸਿੰਘ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।