ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਨਾਰਾ ‘ਚ 15 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 28 ਅਪ੍ਰੈਲ ( ਹਰਪਾਲ ਲਾਡਾ ): ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਕੂਲਾਂ ਦਾ ਐਨੇ ਵੱਡੇ ਪੱਧਰ ‘ਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 20,000 ਸਕੂਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਉੱਥੇ ਹਰ ਮੁੱਢਲੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਸਹੂਲਤਾਂ ਵਿੱਚ ਆਧੁਨਿਕ ਕਲਾਸਰੂਮ, ਸਮਾਰਟ ਬੋਰਡ, ਲੈਬ, ਸਕੂਲ ਦੀਆਂ ਚਾਰਦੀਵਾਰੀਆਂ, ਖੇਡ ਦੇ ਮੈਦਾਨ ਆਦਿ ਦੀ ਵਿਵਸਥਾ ਸ਼ਾਮਲ ਹੈ।


ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਕ੍ਰਾਂਤੀ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰੇਗੀ ਸਗੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਕੂਲ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਸਰਪੰਚ ਚੱਕ ਸਾਧੂ ਅਮਰਜੀਤ ਸਿੰਘ, ਸਰਪੰਚ ਠਰੋਲੀ ਅਮਰਜੀਤ, ਪ੍ਰਿਤਪਾਲ ਸਿੰਘ, ਕੰਚਨ ਦਿਓਲ, ਸੰਤੋਸ਼ ਸੈਣੀ, ਚੰਦਰ ਪ੍ਰਕਾਸ਼ ਸੈਣੀ, ਬਾਬਾ ਰਾਮ ਮੂਰਤੀ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।