2 ਮਈ ਨੂੰ ਨਸ਼ਿਆਂ ਖ਼ਿਲਾਫ਼ ਦੌੜਨਗੇ ਸ਼ਹੀਦ ਭਗਤ ਸਿੰਘ ਨਗਰ ਵਾਸੀ

ਨਵਾਂਸ਼ਹਿਰ, 30 ਅਪ੍ਰੈਲ ( ਹਰਪਾਲ ਲਾਡਾ ) : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 2 ਮਈ, ਦਿਨ ਸ਼ੁੱਕਰਵਾਰ ਨੂੰ ਇਕ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਇਸ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ।
ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਅਗਵਾਈ ਹੇਠ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਕਰਵਾਈ ਜਾ ਰਹੀ ਇਸ ਮੈਰਾਥਨ ਵਿਚ ਜ਼ਿਲ੍ਹੇ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਅਧਿਆਪਕ, ਖਿਡਾਰੀ, ਪਿੰਡਾਂ ਦੇ ਪੰਚ-ਸਰਪੰਚ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖਿਲਾਫ਼ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ ਦਾ ਅਹਿਦ ਲੈਣ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਵੀ ਆਪਣਾ ਫਰਜ਼ ਨਿਭਾਉਣਗੇ।


ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ, ਤਾਂ ਜੋ ਇਸ ਮੈਰਾਥਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ।

ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 6.30 ਵਜੇ ਸ਼ੁਰੂ ਹੋਵੇਗੀ ਅਤੇ ਰਾਜਾ ਹਸਪਤਾਲ, ਬਾਰਾਦਰੀ ਬਾਗ਼, ਸਰਕਾਰੀ ਮੁੜ ਵਸੇਬਾ ਕੇਂਦਰ ਅਤੇ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਗਰਾਊਂਂਡ ਵਿਖੇ ਸਮਾਪਤ ਹੋਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ਼ੁੱਕਰਵਾਰ ਨੂੰ ਸਵੇਰੇ 6.30 ਵਜੇ ਆਈ.ਟੀ.ਆਈ ਗਰਾਊਂਂਡ ਪਹੁੰਚ ਕੇ ਇਸ ਮੈਰਾਥਨ ਦਾ ਹਿੱਸਾ ਬਣਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਪਹਿਲਾਂ 25 ਅਪ੍ਰੈਲ ਨੂੰ ਕਰਵਾਈ ਜਾਣੀ ਸੀ, ਪਰੰਤੂ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਇਸ ਨੂੰ ਅੱਗੇ ਪਾ ਦਿੱਤਾ ਗਿਆ ਸੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ ਡੀ ਐਮ ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ, ਡੀ.ਐਸ.ਪੀ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।