ਗ੍ਰਾਮ ਸੁਰੱਖਿਆ ਕਮੇਟੀਆਂ ਦਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ 4 ਮਈ ਨੂੰ : ਰਾਜੀਵ ਵਰਮਾ

ਨਵਾਂਸ਼ਹਿਰ, 2 ਮਈ ( ਹਰਪਾਲ ਲਾਡਾ ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਗ੍ਰਾਮ ਸੁਰੱਖਿਆ ਕਮੇਟੀਆਂ ਦਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ 4 ਮਈ ਨੂੰ ਏ. ਐਸ ਰਿਜ਼ੌਰਟ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਰਾਹੀਂ ਜ਼ਿਲ੍ਹੇ ਵਿਚ ਬਣਾਈਆਂ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਉਨ੍ਹਾਂ ਦੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵਿਚ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਹੀ ਸਿਖਲਾਈ ਅਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਜ਼ਰੂਰੀ ਹੈ।


ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੀਆਂ ਭੂਮਿਕਾਵਾਂ ਨੂੰ ਸਪੱਸ਼ਟ ਤੌਰ ‘ਤੇ ਸਮਝਾਇਆ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣਾ ਹੋਵੇਗਾ, ਤਾਂ ਜੋ ਇਸ ਮੁਹਿੰਮ ਦੇ ਅਸਲ ਉਦੇਸ਼, ਭਾਵ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਨੂੰ ਸਾਕਾਰ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।