ਵਿਧਵਾਵਾਂ ਤੇ ਬੇਘਰੇ ਔਰਤਾਂ ਦੀ ਆਰਥਿਕ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਕਰਮਜੀਤ ਕੌਰ


ਹੁਸ਼ਿਆਰਪੁਰ ( ਹਰਪਾਲ ਲਾਡਾ ): ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਵਾਵਾਂ ਅਤੇ ਬੇਘਰੇ ਔਰਤਾਂ ਨੂੰ ਆਰਥਿਕ ਰੂਪ ਨਾਲ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵਿਤੀ ਸਾਲ 2025-26 ਲਈ ਵਿਸ਼ੇਸ਼ ਸਹਾਇਤਾ ਯੋਜਨਾ ਦਾ ਐਲਾਨ ਕੀਤਾ ਹੈ।
ਕਰਮਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕੁੱਲ 1170 ਕਰੋੜ ਰੁਪਏ ਦਾ ਬਜ਼ਟ ਨਿਰਧਾਰਤ ਕੀਤਾ ਗਿਆ ਹੈ। ਅਗਸਤ ਮਹੀਨੇ ਤੱਕ ਲਗਭਗ 6.66 ਲੱਖ ਔਰਤਾਂ ਨੂੰ 593.14 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਕੇਵਲ ਔਰਤਾਂ ਨੂੰ ਆਰਥਿਕ ਪੱਖੋਂ ਸੁਰੱਖਿਆ ਪ੍ਰਦਾਨ ਕਰੇਗੀ ਬਲਕਿ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਵੀ ਕਰੇਗੀ।

ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਵੇਦਨਸ਼ੀਲ ਸੋਚ ਅਤੇ ਸਮਾਜ ਦੇ ਹਰ ਵਰਗ ਦੇ ਵਿਕਾਸ ਪ੍ਰਤੀ ਸਮਰਪਣ ਨੇ ਪੰਜਾਬ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਵਿਧਵਾਵਾਂ ਅਤੇ ਬੇਘਰੇ ਔਰਤਾਂ ਨੂੰ ਆਤਮ ਨਿਰਭਰ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨਾ ਹੈ।
ਚੇਅਰਪਰਸਨ ਕਰਮਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਸਰਾਹਨਾਯੋਗ ਪਹਿਲ ਲਈ ਹਾਰਦਿਕ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਵੀ ਇਸ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕਦਮ ਉਠਾਏ ਜਾਣਗੇ ਤਾਂ ਜੋ ਯੋਗ ਲਾਭਪਾਤਰੀਆਂ ਤੱਕ ਸਹਾਇਤਾ ਜਲਦ ਪਹੁੰਚੇ।




