ਡਿਪਟੀ ਕਮਿਸ਼ਨਰ ਨੇ ਹੜ੍ਹ ਰੋਕੂ ਤਿਆਰੀਆਂ ਦਾ ਲਿਆ ਜਾਇਜਾ

ਸ਼ਹੀਦ ਭਗਤ ਸਿੰਘ ਨਗਰ, 13 ਮਈ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੰਗਲਵਾਰ ਨੂੰ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਨੂੰ ਤੈਅ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਪੱਧਰ ‘ਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਸਮੇਂ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਸੁਰੱਖਿਆ ਸੰਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਹਿਰਾਂ ਦੀ ਸਫਾਈ ਅਤੇ ਗਾਰ ਕੱਢਣ ਦੇ ਕੰਮ ਨੂੰ ਪੂਰੀ ਤਵੱਜੋਂ ਦਿੰਦਿਆਂ ਲੋੜ ਅਨੁਸਾਰ ਧੁੱਸੀ ਬੰਨ੍ਹ ਨੂੰ ਸਮੇਂ ਸਿਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਐਸ.ਡੀ.ਐੱਮਜ. ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਕੰਟਰੋਲ ਰੂਮ ਸਥਾਪਤ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਸੁਚੱਜੇ ਢੰਡ ਨਾਲ ਨਜਿੱਠਿਆ ਜਾ ਸਕੇ। ਅੰਕੁਰਜੀਤ ਸਿੰਘ ਨੇ ਕਿਹਾ ਕਿ ਹੜ੍ਹ ਰੋਕੂ ਯੋਜਨਾ ਵੀ ਅਗਲੇ ਕੁਝ ਦਿਨਾਂ ਵਿੱਚ ਤਿਆਰ ਕਰ ਲਈ ਜਾਵੇ ਤਾਂ ਜੋ ਇਸਨੂੰ ਆਉਂਦੇ ਦਿਨਾਂ ਵਿਚ ਅਮਲੀ ਜਾਮਾ ਪਹਿਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਅਧਿਕਾਰੀ ਲੋੜ ਪੈਣ ‘ਤੇ ਦਵਾਈਆਂ ਦੇ ਲੋੜੀਂਦੀ ਮਾਤਰਾ ਵਿਚ ਸਟਾਕ ਅਤੇ ਪਾਣੀ ਦੇ ਕਲੋਰੀਨੇਸ਼ਨ ਦਾ ਅਗਾਊਂ ਪ੍ਰਬੰਧ ਕਰਨਗੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਆਉਣ ਅਤੇ ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਲਈ ਇੱਕ ਵਿਸਥਾਰਤ ਯੋਜਨਾ ਬਣਾਈ ਜਾਣੀ ਚਾਹੀਦੀ ਹੈ ਜਿੱਥੇ ਸਾਰੀਆਂ ਸਹੂਲਤਾਂ ਉਪਲਬਧ ਹੋਣ।


ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕਾਂ ਅਤੇ ਪੁਲਾਂ ਸੰਬੰਧੀ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੀਆਂ ਸੜਕਾਂ ਅਤੇ ਪੁਲਾਂ ਨੂੰ ਘੱਟੋ-ਘੱਟ ਸਮੇਂ ਵਿੱਚ ਕਾਰਜਸ਼ੀਲ ਕਰਨ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਆਵਾਜਾਈ ਲਈ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਉਕਤ ਇਲਾਕਿਆਂ ਵਿੱਚ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਦੀ ਮੁਰੰਮਤ ਦਾ ਕੰਮ ਕਰਨ ਲਈ ਕਿਹਾ ਜਦੋਂ ਕਿ ਰੋਡਵੇਜ਼ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ, ਜੇਕਰ ਅਜਿਹੀ ਸਥਿਤੀ ਬਣਦੀ ਹੈ ਤਾਂ, ਵਿੱਚ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸਡੀਐਮ ਅਨਮਜਯੋਤ ਕੌਰ, ਐਸਡੀਐਮ ਇੰਦਰਪਾਲ, ਐਸਡੀਐਮ ਵਿਪਨ ਭੰਡਾਰੀ ਤੋਂ ਇਲਾਵਾ ਸੀਨੀਅਰ ਅਧਿਕਾਰੀ ਮੀਟਿੰਗ ਵਿਚ ਮੌਜੂਦ ਸਨ।