Uncategorized

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ : ਡਾ. ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 14 ਮਈ ( ਹਰਪਾਲ ਲਾਡਾ ) : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸਿੱਖਿਆ ਸਬੰਧੀ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਾਲ ਹੀ ਵਿਚ 5994 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 700 ਅਧਿਆਪਕਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਨਿਯੁਕਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 120 ਤੋਂ ਵੱਧ ਅਧਿਆਪਕ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਤਾਇਨਾਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਰਾਖਵਾਂ ਰੱਖਿਆ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਹੋਵੇਗਾ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਸੂਬੇ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਕਿਉਂਕਿ ਇਹੀ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।

ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਪ੍ਰਿੰਸੀਪਲ ਕਰਨ ਸ਼ਰਮਾ, ਜ਼ਿਲ੍ਹਾ ਸਮਾਰਟ ਕਲਾਸ ਰੂਮ ਕੋਆਰਡੀਨੇਟਰ ਸਤੀਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਮੀਨਾਕਸ਼ੀ ਵਸ਼ਿਸ਼ਟ, ਨੀਲਮ, ਰਜਨੀ, ਅੰਕੁਰ ਸ਼ਰਮਾ, ਸਰਜੂ ਸੂਰੀ, ਰਾਜੇਸ਼ ਕਪੂਰ, ਬਲਵਿੰਦਰ ਕੁਮਾਰ, ਬਲਦੇਵ ਸਿੰਘ, ਸਾਬਕਾ ਸਰਪੰਚ ਪ੍ਰੇਮ ਕੁਮਾਰ, ਅਨੁਰਾਧਾ ਸਰਪੰਚ ਨਵਾਂ ਜੱਟਪੁਰ, ਗੁਰਮੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page