Hoshairpur

ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ‘ਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ

ਹੁਸ਼ਿਆਰਪੁਰ, 18 ਨਵੰਬਰ 2025 ( ਹਰਪਾਲ ਲਾਡਾ ): ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੀਮਾ ਗਰਗ ਦੀ ਯੋਗ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਸਹੁੰ ਚੁੱਕ ਸਮਾਗਮ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਸ਼ਿਆਂ ਦੀ ਰੋਕਥਾਮ ਲਈ ਸਹੁੰ ਚੁੱਕੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਪ੍ਰਗਟਾਇਆ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਸੀਮਾ ਗਰਗ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰ ਰਹੀ ਹੈ। ਨਸ਼ਿਆਂ ‘ਤੇ ਨਿਰਭਰਤਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਸਦੇ ਪਰਿਵਾਰ ਅਤੇ ਪੂਰੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਮਨੋਵਿਗਿਆਨਕ ਪ੍ਰਭਾਵ ਪੈਦਾ ਕਰਨ ਵਾਲੇ ਪਦਾਰਥਾਂ ਦਾ ਨਿਰੰਤਰ ਸੇਵਨ ਵਿਅਕਤੀ ਨੂੰ ਆਦਤ ਅਤੇ ਨਿਰਭਰਤਾ ਵੱਲ ਧੱਕ ਦਿੰਦਾ ਹੈ। ਕਈ ਵਾਰ ਇਹ ਪਦਾਰਥ ਮਾਨਸਿਕ ਰੋਗਾਂ, ਦਿਲ ਦੀਆਂ ਬਿਮਾਰੀਆਂ, ਹਾਦਸਿਆਂ, ਖੁਦਕੁਸ਼ੀ ਅਤੇ ਹਿੰਸਕ ਵਰਤਾਰਿਆਂ ਦਾ ਕਾਰਨ ਵੀ ਬਣਦੇ ਹਨ। ਇਸ ਲਈ ਨਸ਼ੇ ਨੂੰ ਸਿਰਫ਼ ਇੱਕ ਸਮਾਜਿਕ ਸਮੱਸਿਆ ਨਹੀਂ, ਸਗੋਂ ਮਨੋ-ਸਮਾਜਿਕ ਅਤੇ ਮੈਡੀਕਲ ਸਮੱਸਿਆ ਵਜੋਂ ਦੇਖਣ ਦੀ ਲੋੜ ਹੈ।

ਡਾ. ਸੀਮਾ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਅਤੇ ਉੱਚ ਗੁਣਵੱਤਾ ਵਾਲੀ ਜ਼ਿੰਦਗੀ ਜੀਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਨਸ਼ੇ ਦੀ ਆਦਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਓਟ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਉਪਲਬਧ ਹਨ, ਜਿਸ ਲਈ ਉਨ੍ਹਾਂ ਨੂੰ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਧ ਤੋਂ ਵੱਧ ਨੌਜਵਾਨਾਂ ਨੂੰ ਜੁੜਨਾ ਚਾਹੀਦਾ ਹੈ ਤਾਂ ਜੋ ਇਹ ਚੁਣੌਤੀ ਸਮੂਹਕ ਤੌਰ ‘ਤੇ ਸਵੀਕਾਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਦਲਾਅ ਦੀ ਸ਼ੁਰੂਆਤ ਹਮੇਸ਼ਾਂ ਆਪਣੇ ਆਪ ਤੋਂ ਹੁੰਦੀ ਹੈ ਅਤੇ ਹਰ ਵਿਅਕਤੀ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਪਰਿਵਾਰ, ਮਿੱਤਰਾਂ ਅਤੇ ਸਮਾਜ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਏ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਮਾਨਸਿਕ ਬਿਮਾਰੀ ਦੇ ਮਰੀਜ਼ ਵਜੋਂ ਸਮਝਣਾ ਚਾਹੀਦਾ ਹੈ। ਉਸ ਨਾਲ ਨਫਰਤ ਕਰਨ ਜਾਂ ਮਜ਼ਾਕ ਬਣਾਉਣ ਦੀ ਬਜਾਏ ਪਿਆਰ, ਸਹਾਇਤਾ ਅਤੇ ਸਮਝ ਨਾਲ ਉਸਨੂੰ ਸਹੀ ਰਸਤੇ ‘ਤੇ ਲਿਆਉਣ ਦੀ ਲੋੜ ਹੈ।

ਇਸ ਮੌਕੇ ‘ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਕਪਿਲਾ ਡੋਗਰਾ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ, ਬਲਾਕ ਐਕਸਟੈਂਸ਼ਨ ਐਜੁਕੇਟਰ ਅਮਨਦੀਪ ਸਿੰਘ, ਬਲਾਕ ਐਕਸਟੈਂਸ਼ਨ ਐਜੁਕੇਟਰ ਰੋਹਿਤ ਸ਼ਰਮਾ, ਸਿਵਲ ਸਰਜਨ ਦੇ ਪੀਏ ਸਤਪਾਲ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page