ਪ੍ਰਵਾਸੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ 15 ਤੋਂ 22 ਦਸੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ


ਹੁਸ਼ਿਆਰਪੁਰ, 16 ਦਸੰਬਰ 2025 ( ਹਰਪਾਲ ਲਾਡਾ ): ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਦੇਖਰੇਖ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 15 ਤੋਂ 22 ਦਸੰਬਰ 2025 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਪ੍ਰਵਾਸੀ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਦੱਸਿਆ ਕਿ ਪ੍ਰਵਾਸੀ ਪਰਿਵਾਰਾਂ ਦੇ ਬੱਚੇ ਅਕਸਰ ਇੱਕ ਥਾਂ ਤੋਂ ਦੂਜੀ ਥਾਂ ਜਾਣ ਕਾਰਨ ਨਿਯਮਿਤ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਸੰਕ੍ਰਾਮਕ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਇਨ੍ਹਾਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਟੀਕਾਕਰਨ ਦੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਉਹਨਾਂ ਬੱਚਿਆਂ ਨੂੰ ਕਵਰ ਕਰਨਾ ਹੈ, ਜਿਨ੍ਹਾਂ ਦਾ ਟੀਕਾਕਰਨ ਕਿਸੇ ਕਾਰਨ ਅਧੂਰਾ ਰਹਿ ਗਿਆ ਹੈ ਜਾਂ ਜੋ ਟੀਕਾਕਰਨ ਤੋਂ ਰਹਿ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਨਾਲ ਉਨ੍ਹਾਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੇ ਦੌਰਾਨ ਬੱਚਿਆਂ ਨੂੰ ਵਿਟਾਮਿਨ ਏ ਦੀ ਖੁਰਾਕ ਵੀ ਦਿੱਤੀ ਜਾ ਰਹੀ ਹੈ। ਡੇਢ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਲਈ ਹਰ ਛੇ ਮਹੀਨੇ ਬਾਅਦ ਵਿਟਾਮਿਨ ਏ ਦੀ ਖੁਰਾਕ ਦੇਣਾ ਬਹੁਤ ਜ਼ਰੂਰੀ ਹੈ, ਜੋ ਅੱਖਾਂ ਦੀ ਸਿਹਤ ਨੂੰ ਬਹਿਤਰ ਬਣਾਉਂਦੀ ਹੈ ਅਤੇ ਅੰਧਰਾਤੇ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਵਿੱਚ ਮਦਦ ਕਰਦੀ ਹੈ।

ਡਾ. ਸੀਮਾ ਗਰਗ ਨੇ ਬੱਚਿਆਂ ਦੇ ਮਾਪਿਆਂ ਅਤੇ ਅਭਿਭਾਵਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਹੀ ਜ਼ਰੂਰੀ ਹੈ।

ਸਿਵਲ ਸਰਜਨ ਨੇ ਅੰਤ ਵਿੱਚ ਕਿਹਾ ਕਿ ਸਿਹਤ ਵਿਭਾਗ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਹਰ ਬੱਚੇ ਤੱਕ ਟੀਕਾਕਰਨ ਦੀ ਸਹੂਲਤ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।



